ਅੰਮ੍ਰਿਤਸਰ (ਮਮਤਾ) — ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਬੀਤੇ ਦਿਨੀਂ ਫੇਸਬੁੱਕ 'ਤੇ ਲਾਈਵ ਹੋ ਕੇ ਪ੍ਰਿੰਟ ਅਤੇ ਇਲੈਕਟਰੋਨਿਕ ਮੀਡੀਆ ਦੇ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਸਮੂਹ ਪੱਤਰਕਾਰਾਂ ਨੇ ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਦੀ ਅਗਵਾਈ 'ਚ ਪੁਲਸ ਕਮਿਸ਼ਨਰ ਦਫ਼ਤਰ ਦੇ ਬਾਹਰ ਖੂਬ ਕੇ ਧਰਨਾ ਦਿੱਤਾ। ਪੱਤਰਕਾਰਾਂ ਵੱਲੋਂ ਲਗਭਗ 3 ਘੰਟੇ ਤੱਕ ਦਿੱਤੇ ਇਸ ਧਰਨੇ 'ਚ ਸਿੱਧੂ ਮੂਸੇਵਾਲਾ ਦੇ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।
ਐਸੋਸੀਏਸ਼ਨ ਦੇ ਨੇਤਾਵਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਕਲਾਕਾਰ ਹੈ, ਪੱਤਰਕਾਰਾਂ ਦੇ ਖਿਲਾਫ਼ ਅਜਿਹੀ ਘਟੀਆ ਸ਼ਬਦਾਵਲੀ ਵਰਤਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਬਦ ਵਰਤ ਕੇ ਮੂਸੇਵਾਲਾ ਨੇ ਆਪਣੇ ਘਟੀਆ ਚਰਿੱਤਰ ਦਾ ਸਬੂਤ ਦਿੱਤਾ ਹੈ। ਅਜਿਹੇ ਵਿਅਕਤੀ ਨੂੰ ਕਲਾਕਾਰ ਕਹਾਉਣ ਦਾ ਕੋਈ ਹੱਕ ਨਹੀਂ ਹੈ। ਪੱਤਰਕਾਰ ਉਕਤ ਗਾਇਕ 'ਤੇ ਪਰਚਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਅੜੇ ਰਹੇ ਅਤੇ ਉਨ੍ਹਾਂ ਨੇ ਗਾਇਕ ਅਤੇ ਅੰਮ੍ਰਿਤਸਰ ਪੁਲਸ ਦੇ ਖਿਲਾਫ਼ ਖੂਬ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਬਾਅਦ ਪੁਲਸ ਕਮਿਸ਼ਨਰ ਦੀ ਗੈਰ-ਹਾਜ਼ਰੀ 'ਚ ਉੱਥੇ ਮੌਜੂਦ ਐੱਸ. ਪੀ. ਡੀ. ਵਲੋਂ ਉਕਤ ਗਾਇਕ ਖਿਲਾਫ਼ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਨੇ ਮਾਮਲਾ ਦਰਜ ਕਰਨ 'ਚ ਦੇਰੀ ਕੀਤੀ ਤਾਂ ਉਹ ਵੱਡੇ ਪੱਧਰ 'ਤੇ ਅੰਦੋਲਨ ਕਰਨਗੇ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮੀਡੀਆ ਖਿਲਾਫ਼ ਭੜਕਾਊ ਜਾਣਕਾਰੀ ਅਤੇ ਮੰਦੀ ਸ਼ਬਦਾਵਲੀ ਵਰਤੀ ਗਈ ਸੀ, ਜਿਸ ਦਾ ਪਟਿਆਲਾ ਮੀਡੀਆ ਕਲੱਬ ਵੱਲੋਂ ਗੰਭੀਰ ਨੋਟਿਸ ਲੈ ਰਿਹਾ ਅਤੇ ਇਸ ਸਬੰਧੀ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੀ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਝੜਪ ਹੋ ਗਈ ਸੀ।