ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ’ਚ ਪਤੀ ਰਾਜ ਕੁੰਦਰਾ ਦੀ ਗ੍ਰਿਫਤਾਰੀ ਅਤੇ ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਪੁੱਛਗਿੱਛ ਤੋਂ ਬਾਅਦ ਇਸ ਦਾ ਭਾਂਡਾ ਮੀਡੀਆ ’ਤੇ ਭੰਨਿਆ ਹੈ। ਸ਼ਿਲਪਾ ਸ਼ੈੱਟੀ ਨੇ ਮੀਡੀਆ ’ਤੇ ਆਪਣੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਾਉਂਦਿਆਂ ਵੀਰਵਾਰ ਨੂੰ ਬੰਬੇ ਹਾਈਕੋਰਟ ਦਾ ਰੁਖ਼ ਕੀਤਾ।
ਸ਼ਿਲਪਾ ਸ਼ੈੱਟੀ ਨੇ 29 ਮੀਡੀਆ ਕਰਮਚਾਰੀਆਂ ਅਤੇ ਮੀਡੀਆ ਘਰਾਣਿਆਂ ਖ਼ਿਲਾਫ਼ ਬੰਬੇ ਹਾਈਕੋਰਟ ’ਚ ਮਾਣਹਾਨੀ ਦਾ ਮੁਕੱਦਮਾ ਦਰਜ ਕੀਤਾ ਹੈ। ਰਾਜ ਕੁੰਦਰਾ ਅਸ਼ਲੀਲ ਵੀਡੀਓ ਮਾਮਲੇ ’ਚ ਸ਼ਿਲਪਾ ਸ਼ੈੱਟੀ ਨੇ ਗਲਤ ਰਿਪੋਰਟਿੰਗ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦਾ ਦੋਸ਼ ਲਾਇਆ ਹੈ। ਇਸ ਮਾਮਲੇ ਦੀ ਸੁਣਵਾਈ ਕੱਲ ਕੋਰਟ ’ਚ ਹੋਵੇਗੀ।
ਰਾਜ ਕੁੰਦਰਾ ਦੀ ਜ਼ਮਾਨਤ ਅਰਜ਼ੀ ਰੱਦ
ਇਸ ਤੋਂ ਪਹਿਲਾਂ ਮੁੰਬਈ ਦੀ ਇਕ ਅਦਾਲਤ ਨੇ ਅਸ਼ਲੀਲ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਐਪਸ ’ਤੇ ਚਲਾਉਣ ਦੇ ਮਾਮਲੇ ’ਚ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ 19 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ’ਤੇ ਭਾਰਤੀ ਦੰਡਾਵਲੀ ਤੇ ਸੂਚਨਾ ਟੈਕਨਾਲੋਜੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਮੰਗਲਵਾਰ ਨੂੰ ਇੱਥੇ ਇਕ ਮੈਜਿਸਟ੍ਰੇਟ ਅਦਾਲਤ ਨੇ ਕੁੰਦਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਸੀ। ਕੁੰਦਰਾ ਨੇ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ ਪਰ ਅਦਾਲਤ ਨੇ ਬੁੱਧਵਾਰ ਇਸ ਨੂੰ ਖਾਰਿਜ ਕਰ ਦਿੱਤਾ। ਬੰਬੇ ਹਾਈਕੋਰਟ ਵੱਲੋਂ ਮੰਗਲਵਾਰ ਰਾਜ ਕੁੰਦਰਾ ਨੂੰ ਤੁਰੰਤ ਅਸਥਾਈ ਰਾਹਤ ਦੇਣ ਤੋਂ ਵੀ ਇਨਕਾਰ ਕੀਤਾ ਗਿਆ ਸੀ।