ਮੋਹਾਲੀ (ਐੱਚ. ਐੱਸ. ਜੱਸੋਵਾਲ, ਮਨਮੋਹਨ) : ਮਸ਼ਹੂਰ ਵੀਡੀਓ ਡਾਇਰੈਕਟਰ, ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ 'ਤੇ ਹੋਏ ਜਾਨਲੇਵਾ ਹਮਲੇ ਦੇ ਸੰਬੰਧ ਵਿਚ ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਹਿਮਾਚਲ ਦੇ ਬੱਦੀ ਇਲਾਕੇ ਵਿਚ ਰੇਡ ਕਰਕੇ ਪਹਿਲੀ ਗ੍ਰਿਫਤਾਰੀ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦਾ ਨਾਂ ਹਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਇਸ ਗ੍ਰਿਫਤਾਰੀ ਦੀ ਪੁਸ਼ਟੀ ਮੋਹਾਲੀ ਪੁਲਸ ਦੇ ਐੱਸ. ਐੱਸ. ਪੀ. ਕੁਲਦੀਪ ਸਿੰਘ ਚਾਹਲ ਨੇ ਕੀਤੀ ਹੈ। ਫਿਲਹਾਲ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਸ਼ਨੀਵਾਰ ਦੇਰ ਰਾਤ ਪਰਮੀਸ਼ ਵਰਮਾ 'ਤੇ ਕੁਝ ਗੈਂਗਸਟਰਾਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਇਸ ਵਾਰਦਾਤ ਦੀ ਜ਼ਿੰਮੇਵਾਰੀ ਖਤਰਨਾਕ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੇ ਆਪਣੇ ਫੇਸਬੁਕ ਪੇਜ਼ 'ਤੇ ਲਈ ਸੀ। ਫਿਲਹਾਲ ਪੁਲਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।